ਮੰਤਰੀ ਸੰਜੀਵ ਅਰੋੜਾ ਗ੍ਰਿਫ਼ਤਾਰ

ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ED) ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਅੱਜ ਸਵੇਰੇ ਕੇਂਦਰੀ ਜਾਂਚ ਏਜੰਸੀ ਵੱਲੋਂ ਚੰਡੀਗੜ੍ਹ ਸਥਿਤ ਉਹਨਾਂ ਦੀ ਸਰਕਾਰੀ ਰਿਹਾਇਸ਼ ਸਮੇਤ ਕਈ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਗਈ ਸੀ।

ਪੰਜਾਬ ਦੇ ਉਦਯੋਗ ਅਤੇ ਵਣਜ ਮੰਤਰੀ ਸੰਜੀਵ ਅਰੋੜਾ ਨੂੰ ਮਨੀ ਲਾਂਡਰਿੰਗ ਦੇ ਦੋਸ਼ਾਂ ਹੇਠ ਹਿਰਾਸਤ ਵਿੱਚ ਲਿਆ ਗਿਆ ਹੈ। ਇਹ ਕਾਰਵਾਈ ਪ੍ਰੀਵੈਂਸ਼ਨ ਆਫ ਮਨੀ ਲਾਂਡਰਿੰਗ ਐਕਟ (PMLA) ਤਹਿਤ ਕੀਤੀ ਗਈ ਹੈ। ਈਡੀ ਦੀਆਂ ਟੀਮਾਂ ਨੇ ਚੰਡੀਗੜ੍ਹ, ਲੁਧਿਆਣਾ, ਜਲੰਧਰ ਅਤੇ ਗੁਰੂਗ੍ਰਾਮ ਵਿੱਚ ਲਗਭਗ 12 ਤੋਂ ਵੱਧ ਥਾਵਾਂ ‘ਤੇ ਤਲਾਸ਼ੀ ਲਈ ਹੈ।

ਇਹ ਕੇਸ ਮੁੱਖ ਤੌਰ ‘ਤੇ ਜੀਐਸਟੀ (GST) ਧੋਖਾਧੜੀ ਅਤੇ ਫਰਜ਼ੀ ਬਿੱਲਾਂ ਨਾਲ ਸਬੰਧਤ ਦੱਸਿਆ ਜਾ ਰਿਹਾ ਹੈ। ਜਾਂਚ ਏਜੰਸੀ ਦੇ ਸੂਤਰਾਂ ਅਨੁਸਾਰ ਸੰਜੀਵ ਅਰੋੜਾ ਦੀ ਕੰਪਨੀ ‘ਤੇ 100 ਕਰੋੜ ਰੁਪਏ ਤੋਂ ਵੱਧ ਦੇ ਫਰਜ਼ੀ ਜੀਐਸਟੀ ਬਿੱਲਾਂ ਰਾਹੀਂ ਮੋਬਾਈਲ ਫੋਨਾਂ ਦੀ ਖਰੀਦੋ-ਫਰੋਖਤ ਦਿਖਾਉਣ ਦਾ ਦੋਸ਼ ਹੈ। ਇਸ ਰਾਹੀਂ ਇਨਪੁਟ ਟੈਕਸ ਕ੍ਰੈਡਿਟ (ITC) ਅਤੇ ਜੀਐਸਟੀ ਰਿਫੰਡ ਲੈ ਕੇ ਸਰਕਾਰੀ ਖ਼ਜ਼ਾਨੇ ਨੂੰ ਚੂਨਾ ਲਗਾਉਣ ਅਤੇ ਗੈਰ-ਕਾਨੂੰਨੀ ਤਰੀਕੇ ਨਾਲ ਪੈਸੇ ਦੁਬਈ ਭੇਜਣ ਦੇ ਇਲਜ਼ਾਮ ਲਗਾਏ ਗਏ ਹਨ।

ਜ਼ਿਕਰਯੋਗ ਹੈ ਕਿ ਸੰਜੀਵ ਅਰੋੜਾ ‘ਤੇ ਇਸ ਤੋਂ ਪਹਿਲਾਂ ਵੀ ਉਦਯੋਗਿਕ ਪਲਾਟਾਂ ਨੂੰ ਰਿਹਾਇਸ਼ੀ ਪ੍ਰੋਜੈਕਟਾਂ ਵਿੱਚ ਬਦਲਣ ਦੇ ਮਾਮਲੇ ਵਿੱਚ ਜਾਂਚ ਚੱਲ ਰਹੀ ਸੀ। ਪਿਛਲੇ ਕੁਝ ਮਹੀਨਿਆਂ ਵਿੱਚ ਉਹਨਾਂ ਦੇ ਘਰ ‘ਤੇ ਹੋਈ ਇਹ ਤੀਜੀ ਛਾਪੇਮਾਰੀ ਹੈ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਕਾਰਵਾਈ ਨੂੰ ਸਿਆਸਤ ਤੋਂ ਪ੍ਰੇਰਿਤ ਦੱਸਿਆ ਹੈ। ਉਹਨਾਂ ਨੇ ਸੋਸ਼ਲ ਮੀਡੀਆ ‘ਤੇ ਲਿਖਿਆ ਹੈ ਕਿ ਕੇਂਦਰ ਸਰਕਾਰ ਜਾਂਚ ਏਜੰਸੀਆਂ ਦੀ ਦੁਰਵਰਤੋਂ ਕਰਕੇ ਆਮ ਆਦਮੀ ਪਾਰਟੀ ਦੇ ਆਗੂਆਂ ਨੂੰ ਨਿਸ਼ਾਨਾ ਬਣਾ ਰਹੀ ਹੈ। ਦੂਜੇ ਪਾਸੇ ਵਿਰੋਧੀ ਧਿਰਾਂ ਨੇ ਇਸ ਮਾਮਲੇ ਦੀ ਨਿਰਪੱਖ ਜਾਂਚ ਦੀ ਮੰਗ ਕੀਤੀ ਹੈ।

ਇਸ ਗ੍ਰਿਫ਼ਤਾਰੀ ਤੋਂ ਬਾਅਦ ਪੰਜਾਬ ਦੀ ਸਿਆਸਤ ਵਿੱਚ ਕਾਫੀ ਹਲਚਲ ਦੇਖਣ ਨੂੰ ਮਿਲ ਰਹੀ ਹੈ। ਅਰੋੜਾ ਨੂੰ ਹੁਣ ਅਦਾਲਤ ਵਿੱਚ ਪੇਸ਼ ਕਰਕੇ ਉਹਨਾਂ ਦਾ ਰਿਮਾਂਡ ਲਿਆ ਜਾਵੇਗਾ ਤਾਂ ਜੋ ਮਾਮਲੇ ਦੀ ਡੂੰਘਾਈ ਨਾਲ ਪੜਤਾਲ ਕੀਤੀ ਜਾ ਸਕੇ।

ਸਾਵਧਾਨ: ਅੱਜ ਮੋਬਾਈਲ 'ਤੇ ਆਉਣ ਵਾਲੀ 'ਬੀਪ' ਤੋਂ ਘਬਰਾਓ ਨਾ, NDMA ਵੱਲੋਂ ਦੇਸ਼ ਵਿਆਪੀ ਟੈਸਟਿੰਗ ਜਾਰੀ
ਇਤਿਹਾਸਕ ਮੋੜ: 60 ਸਾਲਾਂ ਬਾਅਦ ਰਾਵੀ ਦੇ ਪਾਣੀ 'ਤੇ ਭਾਰਤ ਦਾ ਪੂਰਾ ਕੰਟਰੋਲ