ਭ੍ਰਿਸ਼ਟਾਚਾਰ ਰੋਕਣ ਵਾਲੇ ਵਿਜੀਲੈਂਸ ਵਿਭਾਗ ਦੇ ਅਧਿਕਾਰੀਆਂ ਨੂੰ ਸੀਬੀਆਈ ਨੇ ਚੁੱਕਿਆ

ਪੰਜਾਬ ਵਿੱਚ ਭ੍ਰਿਸ਼ਟਾਚਾਰ ਰੋਕਣ ਲਈ ਬਣਾਏ ਵਿਜੀਲੈਂਸ ਵਿਭਾਗ ਦੇ ਅਧਿਕਾਰੀਆਂ ਨੂੰ ਹੀ ਸੀਬੀਆਈ ਨੇ ਰਿਸ਼ਵਤ ਦੇ ਦੋਸ਼ਾਂ ‘ਚ ਚੁੱਕ ਲਿਆ ਹੈ। ਪੰਜਾਬ ਵਿਜੀਲੈਂਸ ਬਿਊਰੋ ਦੇ ਮੋਹਾਲੀ ਸਥਿਤ ਮੁੱਖ ਦਫਤਰ ਵਿੱਚ ਸੀਬੀਆਈ ਵੱਲੋਂ ਕੀਤੀ ਗਈ ਛਾਪੇਮਾਰੀ ਦੌਰਾਨ ਵੱਡੇ ਖੁਲਾਸੇ ਹੋਏ ਹਨ। ਇਸ ਮਾਮਲੇ ਵਿੱਚ ਸੀਬੀਆਈ ਨੇ ਵਿਜੀਲੈਂਸ ਮੁਖੀ ਦੇ ਰੀਡਰ ਓਪੀ ਰਾਣਾ ਨੂੰ ਹਿਰਾਸਤ ਵਿੱਚ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਸੀਬੀਆਈ ਨੇ 13 ਲੱਖ ਰੁਪਏ ਰਿਸ਼ਵਤਖੋਰੀ ਦੇ ਮਾਮਲੇ ‘ਚ ਇਹ ਛਾਪੇਮਾਰੀ ਕੀਤੀ ਹੈ।
ਇਸ ਪੂਰੇ ਮਾਮਲੇ ਵਿੱਚ ਵਿਚੋਲੇ ਰਾਘਵ ਗੋਇਲ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਹੈ। ਜਾਂਚ ਦੌਰਾਨ ਸੀਬੀਆਈ ਦੇ ਹੱਥ ਸੌਦੇ ਦੀ ਆਡੀਓ ਰਿਕਾਰਡਿੰਗ ਵੀ ਲੱਗੀ ਹੈ, ਜੋ ਇਸ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਅਹਿਮ ਸਬੂਤ ਵਜੋਂ ਦੇਖੀ ਜਾ ਰਹੀ ਹੈ। ਇਹ ਕਾਰਵਾਈ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨਾਲ ਜੁੜੇ ਰਿਸ਼ਵਤਖੋਰੀ ਦੇ ਮਾਮਲੇ ਦੀ ਅਗਲੀ ਕੜੀ ਮੰਨੀ ਜਾ ਰਹੀ ਹੈ।
ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੇ ਵੀ ਸੋਸ਼ਲ ਮੀਡੀਆ ਰਾਹੀਂ ਇਸ ਕਾਰਵਾਈ ਦੀ ਪੁਸ਼ਟੀ ਕਰਦਿਆਂ ਦਾਅਵਾ ਕੀਤਾ ਹੈ ਕਿ ਇਹ 20 ਲੱਖ ਰੁਪਏ ਦੇ ਰਿਸ਼ਵਤ ਕਾਂਡ ਦਾ ਹਿੱਸਾ ਹੈ। ਫਿਲਹਾਲ ਸੀਬੀਆਈ ਦੀ ਜਾਂਚ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਕਈ ਹੋਰ ਵੱਡੇ ਅਧਿਕਾਰੀ ਵੀ ਜਾਂਚ ਦੇ ਘੇਰੇ ਵਿੱਚ ਆ ਸਕਦੇ ਹਨ।

ਇਤਿਹਾਸਕ ਮੋੜ: 60 ਸਾਲਾਂ ਬਾਅਦ ਰਾਵੀ ਦੇ ਪਾਣੀ 'ਤੇ ਭਾਰਤ ਦਾ ਪੂਰਾ ਕੰਟਰੋਲ
ਮਲੋਟ ਦਾ ਭਾਜਪਾ ਆਗੂ ਸੀਬੀਆਈ ਨੇ ਕੀਤਾ ਗਿਰਫ਼ਤਾਰ