ਸ਼੍ਰੋਮਣੀ ਅਕਾਲੀ ਦਲ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਖਿਲਾਫ ‘ਧਰਮ ਯੁੱਧ ਮੋਰਚਾ’ ਵਿੱਢਣ ਦਾ ਐਲਾਨ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸੱਤਾ ਤੋਂ ਲਾਂਭੇ ਕਰਨ ਲਈ ਆਉਂਦੀ 19 ਜੁਲਾਈ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਧਰਮ ਯੁੱਧ ਮੋਰਚਾ’ ਸ਼ੁਰੂ ਕਰਨ ਦਾ ਵੱਡਾ ਐਲਾਨ ਕੀਤਾ ਹੈ। ਪਾਰਟੀ ਦੇ ਮੁੱਖ ਦਫ਼ਤਰ ਵਿਖੇ ਇੱਕ ਅਹਿਮ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਇਹ ਮੋਰਚਾ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਛਤਰ-ਛਾਇਆ ਹੇਠ ਆਰੰਭ ਕੀਤਾ ਜਾਵੇਗਾ। ਅਕਾਲੀ ਦਲ ਦੇ ਪ੍ਰਧਾਨ ਨੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਤਿੱਖੇ ਹਮਲੇ ਕਰਦਿਆਂ ਦੋਸ਼ ਲਾਇਆ ਕਿ ਮਾਨ ਸਰਕਾਰ ਵੱਲੋਂ ਮਹਾਨ ਸਿੱਖ ਗੁਰੂ ਸਾਹਿਬਾਨ ਅਤੇ ਸਿੱਖ ਜਰਨੈਲਾਂ ਦੇ ਖ਼ਿਲਾਫ਼ ਕੀਤੀਆਂ ਗਈਆਂ ਕਾਰਵਾਈਆਂ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਮਾਨ ਨੇ ਲੰਮੇ ਸਮੇਂ ਤੋਂ ਸਿੱਖ ਕੌਮ ਦੇ ਸਬਰ ਤੇ ਸੰਜਮ ਦੀ ਪ੍ਰੀਖਿਆ ਲੈਣ ਦੀ ਕੋਸ਼ਿਸ਼ ਕੀਤੀ ਹੈ, ਪਰ ਹੁਣ ਪਾਣੀ ਸਿਰ ਤੋਂ ਲੰਘ ਚੁੱਕਾ ਹੈ।

ਸੁਖਬੀਰ ਸਿੰਘ ਬਾਦਲ ਨੇ ਸਮੁੱਚੀ ਸਿੱਖ ਕੌਮ ਅਤੇ ਸਿਆਸੀ ਧਿਰਾਂ ਨੂੰ ਇੱਕ ਮੰਚ ’ਤੇ ਇਕੱਠੇ ਹੋਣ ਦਾ ਸੱਦਾ ਦਿੰਦਿਆਂ ਸਾਰੀਆਂ ਧਾਰਮਿਕ ਜਥੇਬੰਦੀਆਂ, ਸਿੱਖ ਸੰਪਰਦਾਵਾਂ, ਸੰਤ ਸਮਾਜ, ਧਾਰਮਿਕ ਸ਼ਖ਼ਸੀਅਤਾਂ, ਸਿੱਖ ਬੁੱਧੀਜੀਵੀਆਂ ਅਤੇ ਸਮਾਜਿਕ-ਧਾਰਮਿਕ ਸੰਗਠਨਾਂ ਨੂੰ ਇਸ ਮੋਰਚੇ ਵਿੱਚ ਸਰਗਰਮ ਹਿੱਸਾ ਲੈਣ ਦੀ ਅਪੀਲ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਨੇ ਆਮ ਆਦਮੀ ਪਾਰਟੀ, ਕਾਂਗਰਸ ਅਤੇ ਭਾਜਪਾ ਸਹਿਤ ਸਾਰੀਆਂ ਸਿਆਸੀ ਪਾਰਟੀਆਂ ਦੇ ਸਿੱਖ ਆਗੂਆਂ ਨੂੰ ਵੀ ਅਪੀਲ ਕੀਤੀ ਕਿ ਉਹ ਗੁਰੂ ਦੋਖੀ ਅਤੇ ਪੰਥ ਵਿਰੋਧੀ ਭਗਵੰਤ ਮਾਨ ਦੇ ਖ਼ਿਲਾਫ਼ ਵਿੱਢੇ ਜਾ ਰਹੇ ਇਸ ਸਾਂਝੇ ਧਰਮ ਯੁੱਧ ਵਿੱਚ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਸ਼ਾਮਲ ਹੋਣ।

ਇਸ ਮੋਰਚੇ ਦੀ ਰੂਪ-ਰੇਖਾ ਉਲੇਖਣ ਅਤੇ ਸਾਰੀਆਂ ਧਿਰਾਂ ਨਾਲ ਤਾਲਮੇਲ ਕਾਇਮ ਕਰਨ ਲਈ ਅਕਾਲੀ ਦਲ ਦੇ ਮੁਖੀ ਵੱਲੋਂ ਸੀਨੀਅਰ ਆਗੂ ਸਰਦਾਰ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ ਹੇਠ ਇੱਕ 5 ਮੈਂਬਰੀ ਉੱਚ ਪੱਧਰੀ ਤਾਲਮੇਲ ਕਮੇਟੀ ਦਾ ਗਠਨ ਕੀਤਾ ਗਿਆ ਹੈ। ਇਸ ਕਮੇਟੀ ਵਿੱਚ ਮਹੇਸ਼ਇੰਦਰ ਸਿੰਘ ਗਰੇਵਾਲ, ਗੁਲਜ਼ਾਰ ਸਿੰਘ ਰਣੀਕੇ, ਡਾ. ਦਲਜੀਤ ਸਿੰਘ ਚੀਮਾ ਅਤੇ ਅਮਰਜੀਤ ਸਿੰਘ ਚਾਵਲਾ ਨੂੰ ਸ਼ਾਮਲ ਕੀਤਾ ਗਿਆ ਹੈ। ਇਹ ਕਮੇਟੀ ਮੁੱਖ ਮੰਤਰੀ ਭਗਵੰਤ ਮਾਨ ਦੇ ਖ਼ਿਲਾਫ਼ ਵਿੱਢੇ ਜਾਣ ਵਾਲੇ ਇਸ ਸਾਂਝੇ ਧਰਮ ਯੁੱਧ ਮੋਰਚੇ ਦੀ ਸਫਲਤਾ ਲਈ ਵੱਖ-ਵੱਖ ਸ਼ਖ਼ਸੀਅਤਾਂ ਅਤੇ ਜਥੇਬੰਦੀਆਂ ਤੱਕ ਪਹੁੰਚ ਕਰਕੇ ਉਨ੍ਹਾਂ ਨੂੰ ਮੋਰਚੇ ਵਿੱਚ ਸ਼ਾਮਲ ਹੋਣ ਦੀ ਬੇਨਤੀ ਕਰੇਗੀ।

ਸਰਕਾਰੀ ਫੰਡਾਂ ਦੇ ਗਬਨ ਮਾਮਲੇ 'ਚ ਪੰਚਕੂਲਾ ਨਗਰ ਨਿਗਮ ਦੇ ਤਤਕਾਲੀ ਕਮਿਸ਼ਨਰ ਆਰ.ਕੇ. ਸਿੰਘ ਗ੍ਰਿਫ਼ਤਾਰ
ਫ਼ਾਜ਼ਿਲਕਾ ਵਿੱਚ ਸਰਪੰਚ ਦੇ ਪੁੱਤਾਂ ਤੋਂ ਕਾਰ ਖੋਹੀ: ਸ਼ਰੇਆਮ ਵਾਰਦਾਤ ਨੂੰ ਅੰਜਾਮ ਦੇ ਕੇ ਮੁਲਜ਼ਮ ਫ਼ਰਾਰ