ਭਾਜਪਾ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਦਾ ਪੰਜਾਬ ਦੌਰਾ ਅੱਜ ਤੋਂ

ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਅੱਜ ਤੋਂ ਆਪਣੇ ਤਿੰਨ ਰੋਜ਼ਾ ਪੰਜਾਬ ਦੌਰੇ ‘ਤੇ ਪਹੁੰਚ ਗਏ ਹਨ। ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡੇ ‘ਤੇ ਪਹੁੰਚਣ ‘ਤੇ ਪੰਜਾਬ ਭਾਜਪਾ ਆਗੂਆਂ ਵੱਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਰਾਜ ਸਭਾ ਮੈਂਬਰ ਤਰੁਣ ਚੁੱਘ ਅਤੇ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਵੀ ਉਨ੍ਹਾਂ ਦੇ ਨਾਲ ਮੌਜੂਦ ਰਹੇ। ਆਪਣੇ ਦੌਰੇ ਦੀ ਸ਼ੁਰੂਆਤ ਦੌਰਾਨ ਨਿਤਿਨ ਨਬੀਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣਗੇ। ਇਸ ਤੋਂ ਬਾਅਦ ਉਹ ਇਤਿਹਾਸਕ ਜਲ੍ਹਿਆਂਵਾਲਾ ਬਾਗ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਰਾਮ ਤੀਰਥ ਮੰਦਰ ਵਿਖੇ ਵੀ ਮੱਥਾ ਟੇਕਣਗੇ। ਅੰਮ੍ਰਿਤਸਰ ਵਿੱਚ ਉਹ ਪਾਰਟੀ ਵਰਕਰਾਂ ਨਾਲ ਮੁਲਾਕਾਤ ਕਰਕੇ ਵੱਖ-ਵੱਖ ਸੰਗਠਨਾਤਮਕ ਅਤੇ ਸਿਆਸੀ ਮੁੱਦਿਆਂ ‘ਤੇ ਵਿਚਾਰ-ਵਟਾਂਦਰਾ ਕਰਨਗੇ।

ਸ਼ਾਮ ਸਮੇਂ ਉਹ ਜਲੰਧਰ ਲਈ ਰਵਾਨਾ ਹੋਣਗੇ, ਜਿੱਥੇ ਭਾਜਪਾ ਵਰਕਰਾਂ ਅਤੇ ਸਮਰਥਕਾਂ ਨਾਲ ਇੱਕ ਰੋਡ ਸ਼ੋਅ ਵਿੱਚ ਹਿੱਸਾ ਲੈਣਗੇ। 21 ਜੂਨ ਨੂੰ ਕੌਮਾਂਤਰੀ ਯੋਗ ਦਿਵਸ ਮੌਕੇ ਉਹ ਇੱਕ ਨਿੱਜੀ ਯੂਨੀਵਰਸਿਟੀ ਵਿੱਚ ਆਯੋਜਿਤ ਸਮਾਗਮ ਵਿੱਚ ਸ਼ਾਮਲ ਹੋਣਗੇ। ਇਸ ਉਪਰੰਤ ਉਹ ਲੁਧਿਆਣਾ ਪਹੁੰਚ ਕੇ ਦੁੱਗਰੀ ਰੋਡ ਸਥਿਤ ਭਾਜਪਾ ਦੇ ਜ਼ਿਲ੍ਹਾ ਦਫ਼ਤਰ ਦਾ ਰਸਮੀ ਉਦਘਾਟਨ ਕਰਨਗੇ ਅਤੇ ਮੰਡਲ ਪ੍ਰਭਾਰੀਆਂ ਅਤੇ ਸੀਨੀਅਰ ਸੰਗਠਨਾਤਮਕ ਅਹੁਦੇਦਾਰਾਂ ਨਾਲ ਬੈਠਕਾਂ ਕਰਨਗੇ। ਦੇਰ ਸ਼ਾਮ ਉਹ ਸਨਅਤਕਾਰਾਂ ਅਤੇ ਵਪਾਰਕ ਭਾਈਚਾਰੇ ਦੇ ਨੁਮਾਇੰਦਿਆਂ ਨਾਲ ਵੀ ਰੂਬਰੂ ਹੋਣਗੇ।

22 ਜੂਨ ਨੂੰ ਨਿਤਿਨ ਨਬੀਨ ਵੱਲੋਂ ਸੰਸਦ ਮੈਂਬਰਾਂ, ਸਾਬਕਾ ਸੰਸਦ ਮੈਂਬਰਾਂ, ਵਿਧਾਇਕਾਂ, ਸਾਬਕਾ ਵਿਧਾਇਕਾਂ ਅਤੇ ਨੌਜਵਾਨ ਆਗੂਆਂ ਨਾਲ ਮੁਲਾਕਾਤਾਂ ਕੀਤੀਆਂ ਜਾਣਗੀਆਂ। ਇਸ ਦੌਰਾਨ ਉਹ ਇੱਕ ਯੁਵਾ ਕਾਨਫਰੰਸ ਵਿੱਚ ਵੀ ਸ਼ਿਰਕਤ ਕਰਨਗੇ। ਇਸ ਤੋਂ ਪਹਿਲਾਂ ਦਿੱਲੀ ਹਵਾਈ ਅੱਡੇ ‘ਤੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਨਿਤਿਨ ਨਬੀਨ ਅਤੇ ਰਾਜ ਸਭਾ ਮੈਂਬਰ ਤਰੁਣ ਚੁੱਘ ਨਾਲ ਮੁਲਾਕਾਤ ਕੀਤੀ। ਸੋਸ਼ਲ ਮੀਡੀਆ ਰਾਹੀਂ ਜਾਣਕਾਰੀ ਸਾਂਝੀ ਕਰਦਿਆਂ ਰਵਨੀਤ ਬਿੱਟੂ ਨੇ ਦੱਸਿਆ ਕਿ ਇਸ ਦੌਰਾਨ ਪੰਜਾਬ ਦੇ ਮੌਜੂਦਾ ਹਾਲਾਤਾਂ, ਸੂਬੇ ਦੇ ਵਿਕਾਸ ਅਤੇ ਸਿਆਸੀ ਸਰਗਰਮੀਆਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। 

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ੀ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਅਤੇ ਜਥੇਦਾਰ ਵਿਚਾਲੇ ਹੋਈ ਗੱਲਬਾਤ ਦੀ ਇੱਕ ਹੋਰ ਵੀਡੀਓ ਆਈ ਸਾਹਮਣੇ
ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਨਿਤਿਨ ਨਬੀਨ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ