ਭਗਵੰਤ ਮਾਨ ਵੀਡੀਓ ਵਿਵਾਦ: ਭਾਜਪਾ ਨੇ ਚੁੱਕੀ ਮੁੱਖ ਮੰਤਰੀ ਦੇ ਅਸਤੀਫ਼ੇ ਦੀ ਮੰਗ

ਭਗਵੰਤ ਮਾਨ ਵੀਡੀਓ ਵਿਵਾਦ ਮਾਮਲੇ ਵਿੱਚ ਭਾਰਤੀ ਜਨਤਾ ਪਾਰਟੀ ਦੇ ਪੰਜਾਬ ਜਨਰਲ ਸਕੱਤਰ ਦਿਆਲ ਸਿੰਘ ਸੋਢੀ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਅਸਤੀਫ਼ੇ ਦੀ ਮੰਗ ਕੀਤੀ ਹੈ। ਪ੍ਰੈੱਸ ਕਾਨਫਰੰਸ ਦੌਰਾਨ ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਹੁਕਮ ਜਾਰੀ ਕੀਤਾ ਗਿਆ ਹੈ ਕਿ ਸਮੂਹ ਸਿੱਖ ਸੰਗਤ ਅਤੇ ਪੰਥਕ ਧਿਰਾਂ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਬਾਈਕਾਟ ਕਰਨਾ ਚਾਹੀਦਾ ਹੈ। ਉਨ੍ਹਾਂ ਇਲਜ਼ਾਮ ਲਾਇਆ ਕਿ ਇੰਨੇ ਵੱਡੇ ਆਦੇਸ਼ ਤੋਂ ਬਾਅਦ ਵੀ ਮੁੱਖ ਮੰਤਰੀ ਸਟੇਜਾਂ ‘ਤੇ ਚੁਟਕਲੇ ਸੁਣਾ ਰਹੇ ਹਨ ਅਤੇ ਕਾਮੇਡੀ ਕਰ ਰਹੇ ਹਨ, ਜਦੋਂ ਕਿ ਚੁਟਕਲੇ ਸੁਣਾ ਕੇ ਸਿਨੇਮਾ ਘਰ ਤਾਂ ਚਲਾਏ ਜਾ ਸਕਦੇ ਹਨ ਪਰ ਸੂਬਾ ਨਹੀਂ ਚਲਾਇਆ ਜਾ ਸਕਦਾ।

ਭਾਜਪਾ ਆਗੂ ਨੇ ਅੱਗੇ ਕਿਹਾ ਕਿ ਇਹ ਬੇਅਦਬੀ ਕੋਈ ਪਹਿਲੀ ਵਾਰ ਨਹੀਂ ਹੋਈ, ਇਸ ਤੋਂ ਪਹਿਲਾਂ ਬਰਗਾੜੀ ਮੋਰਚੇ ਦੌਰਾਨ ਵੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਾਜ਼ਰੀ ਵਿੱਚ ਮੁੱਖ ਮੰਤਰੀ ‘ਤੇ ਸ਼ਰਾਬ ਪੀ ਕੇ ਆਉਣ ਦੇ ਦੋਸ਼ ਲੱਗੇ ਸਨ। ਉਨ੍ਹਾਂ ਮੁਤਾਬਕ ਹੁਣ ਗੁਰੂਗ੍ਰਾਮ ਦੀ ਘਟਨਾ ਸਾਹਮਣੇ ਆਉਣ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਫੋਰੈਂਸਿਕ ਜਾਂਚ ਕਰਵਾਏ ਜਾਣ ਤੋਂ ਬਾਅਦ ਸੱਚ ਸਾਬਤ ਹੋ ਚੁੱਕਾ ਹੈ, ਪਰ ਫਿਰ ਵੀ ਮੁੱਖ ਮੰਤਰੀ ਅਤੇ ਉਨ੍ਹਾਂ ਦੇ ਲੋਕ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਮੱਥਾ ਲਾ ਰਹੇ ਹਨ।

ਦਿਆਲ ਸਿੰਘ ਸੋਢੀ ਨੇ ਹਰਿਆਣਾ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਇਸ ਮਾਮਲੇ ਦੀ ਪੂਰੀ ਬਾਰੀਕੀ ਨਾਲ ਜਾਂਚ ਕੀਤੀ ਜਾਵੇ। ਉਨ੍ਹਾਂ ਦਾਅਵਾ ਕੀਤਾ ਕਿ ਵੀਡੀਓ ਵਿੱਚ ਨਜ਼ਰ ਆ ਰਹੇ ਪੁਲਿਸ ਅਫ਼ਸਰਾਂ ਨੂੰ ਹੁਣ ਭਾਜੜਾਂ ਪੈ ਗਈਆਂ ਹਨ ਅਤੇ ਉਨ੍ਹਾਂ ਵੱਲੋਂ ਤਿਆਰ ਕਰਵਾਈ ਗਈ ਜਾਅਲੀ ਰਿਪੋਰਟ ਜਾਂ ਚੋਰੀ ਹੁਣ ਛੁਪੀ ਨਹੀਂ ਰਹਿਣੀ, ਬਲਕਿ ਬਹੁਤ ਜਲਦ ਸਾਹਮਣੇ ਆ ਜਾਵੇਗੀ।

ਉਨ੍ਹਾਂ ਕਿਹਾ ਕਿ ਅੱਜ ਭਾਰਤੀ ਜਨਤਾ ਪਾਰਟੀ ਵੱਲੋਂ ਪੂਰੇ ਸੂਬੇ ਵਿੱਚ ਪ੍ਰੈੱਸ ਕਾਨਫਰੰਸਾਂ ਕੀਤੀਆਂ ਗਈਆਂ ਹਨ। ਭਾਜਪਾ ਦਾ ਕਹਿਣਾ ਹੈ ਕਿ ਜਿੱਥੇ ਕੌਮ ਦੀਆਂ ਭਾਵਨਾਵਾਂ ਜੁੜੀਆਂ ਹੋਣ, ਉੱਥੇ ਇਸ ਤਰ੍ਹਾਂ ਦੀਆਂ ਹਰਕਤਾਂ ਕਰਕੇ ਸੱਚ ਨੂੰ ਝੂਠਲਾਉਣ ਦੀ ਕੋਸ਼ਿਸ਼ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਮੁੱਖ ਮੰਤਰੀ ਨੂੰ ਸੰਬੋਧਨ ਹੁੰਦਿਆਂ ਕਿਹਾ ਕਿ ਤੁਹਾਡੇ ਕੋਲ ਹੁਣ ਅਹੁਦੇ ‘ਤੇ ਬਣੇ ਰਹਿਣ ਦਾ ਕੋਈ ਨੈਤਿਕ ਅਧਿਕਾਰ ਨਹੀਂ ਹੈ, ਇਸ ਲਈ ਮੁੱਖ ਮੰਤਰੀ ਤੁਰੰਤ ਆਪਣੇ ਪਦ ਤੋਂ ਅਸਤੀਫ਼ਾ ਦੇਣ।

ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ
ਅਕਾਲ ਤਖ਼ਤ ਸਾਹਿਬ ਬਾਰੇ ਪੁੱਛੇ ਸਵਾਲ ਦਾ ਸਪਸ਼ਟ ਜਵਾਬ ਦੇਣ ਤੋਂ ਭੱਜਦੇ ਨਜ਼ਰ ਆਏ ਖੁੱਡੀਆਂ