ਸਹਾਇਕ ਸਬ-ਇੰਸਪੈਕਟਰ ਨੇ ਖੁਦ ਨੂੰ ਮਾਰੀ ਗੋਲੀ

ਤਰਨਤਾਰਨ ਜ਼ਿਲ੍ਹੇ ਦੇ ਵਿਧਾਨ ਸਭਾ ਹਲਕਾ ਪੱਟੀ ਅਧੀਨ ਆਉਂਦੇ ਪਿੰਡ ਕੈਰੋਂ ਦੀ ਪੁਲਿਸ ਚੌਕੀ ਵਿੱਚ ਤਾਇਨਾਤ ਸਹਾਇਕ ਸਬ-ਇੰਸਪੈਕਟਰ (ASI) ਅਮਰਜੀਤ ਸਿੰਘ ਵੱਲੋਂ ਆਪਣੀ ਸਰਵਿਸ ਪਿਸਤੌਲ ਨਾਲ ਗੋਲੀ ਮਾਰ ਕੇ ਖੁਦਕੁਸ਼ੀ ਕਰਨ ਦਾ ਦੁਖਦਾਈ ਮਾਮਲਾ ਸਾਹਮਣੇ ਆਇਆ ਹੈ। ਅੰਮ੍ਰਿਤਸਰ ਦੇ ਰਹਿਣ ਵਾਲੇ ਏ.ਐਸ.ਆਈ. ਅਮਰਜੀਤ ਸਿੰਘ ਪਿਛਲੇ ਕਰੀਬ ਚਾਰ ਮਹੀਨਿਆਂ ਤੋਂ ਇਸ ਚੌਕੀ ਦੇ ਇੰਚਾਰਜ ਵਜੋਂ ਸੇਵਾਵਾਂ ਨਿਭਾ ਰਹੇ ਸਨ।

ਮਿਲੀ ਜਾਣਕਾਰੀ ਮੁਤਾਬਕ ਇਹ ਘਟਨਾ ਵੀਰਵਾਰ ਰਾਤ ਦੀ ਹੈ, ਜਦੋਂ ਉਹ ਨਾਕਾਬੰਦੀ ਦੀ ਡਿਊਟੀ ਖ਼ਤਮ ਕਰਨ ਤੋਂ ਬਾਅਦ ਚੌਕੀ ਪਰਤੇ ਸਨ। ਹੋਰਨਾਂ ਪੁਲਿਸ ਮੁਲਾਜ਼ਮਾਂ ਨਾਲ ਰਾਤ ਦਾ ਖਾਣਾ ਖਾਣ ਤੋਂ ਬਾਅਦ ਉਹ ਕਰੀਬ 9:30 ਵਜੇ ਆਪਣੇ ਸਰਕਾਰੀ ਕੁਆਰਟਰ ਵਿੱਚ ਆਰਾਮ ਕਰਨ ਚਲੇ ਗਏ। ਕੁਝ ਸਮੇਂ ਬਾਅਦ ਹੀ ਕਮਰੇ ਵਿੱਚੋਂ ਗੋਲੀ ਚੱਲਣ ਦੀ ਆਵਾਜ਼ ਸੁਣਾਈ ਦਿੱਤੀ। ਜਦੋਂ ਬਾਕੀ ਮੁਲਾਜ਼ਮ ਤੁਰੰਤ ਕਮਰੇ ਵੱਲ ਭੱਜੇ, ਤਾਂ ਉਨ੍ਹਾਂ ਨੇ ਅਮਰਜੀਤ ਸਿੰਘ ਨੂੰ ਖੂਨ ਨਾਲ ਲੱਥਪੱਥ ਹਾਲਤ ਵਿੱਚ ਦੇਖਿਆ ਅਤੇ ਉਨ੍ਹਾਂ ਦੀ ਸਰਵਿਸ ਪਿਸਤੌਲ ਕੋਲ ਹੀ ਪਈ ਸੀ। ਉਨ੍ਹਾਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ।

ਘਟਨਾ ਦੀ ਸੂਚਨਾ ਮਿਲਦਿਆਂ ਹੀ ਡੀ.ਐਸ.ਪੀ. ਰਵਿਸ਼ੇਰ ਸਿੰਘ ਸਮੇਤ ਉੱਚ ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚੇ ਅਤੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੋਰਚਰੀ ਵਿੱਚ ਰਖਵਾ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਖੁਦਕੁਸ਼ੀ ਦੇ ਅਸਲ ਕਾਰਨਾਂ ਦਾ ਅਜੇ ਅਧਿਕਾਰਤ ਤੌਰ ‘ਤੇ ਪਤਾ ਨਹੀਂ ਲੱਗ ਸਕਿਆ ਹੈ, ਪਰ ਸੂਤਰਾਂ ਦੇ ਹਵਾਲੇ ਤੋਂ ਅਜਿਹੀਆਂ ਖ਼ਬਰਾਂ ਹਨ ਕਿ ਚੌਕੀ ਵਿੱਚ ਸਟਾਫ਼ ਦੀ ਭਾਰੀ ਕਮੀ ਅਤੇ ਕੰਮ ਦੇ ਵਧੇਰੇ ਬੋਝ ਕਾਰਨ ਉਹ ਪਿਛਲੇ ਕੁਝ ਸਮੇਂ ਤੋਂ ਮਾਨਸਿਕ ਤਣਾਅ ਵਿੱਚ ਸਨ ਅਤੇ ਉਨ੍ਹਾਂ ਨੇ ਕਈ ਵਾਰ ਬਦਲੀ ਦੀ ਮੰਗ ਵੀ ਕੀਤੀ ਸੀ। ਪੁਲਿਸ ਪ੍ਰਸ਼ਾਸਨ ਵੱਲੋਂ ਪਰਿਵਾਰਕ ਮੈਂਬਰਾਂ ਅਤੇ ਸਾਥੀ ਮੁਲਾਜ਼ਮਾਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ ਤਾਂ ਜੋ ਖੁਦਕੁਸ਼ੀ ਦੇ ਸਹੀ ਕਾਰਨਾਂ ਦਾ ਪਤਾ ਲਗਾਇਆ ਜਾ ਸਕੇ। ਦੱਸਣਯੋਗ ਹੈ ਕਿ ਪੱਟੀ ਖੇਤਰ ਵਿੱਚ ਪਿਛਲੇ ਕੁਝ ਹੀ ਦਿਨਾਂ ਦੌਰਾਨ ਕਿਸੇ ਪੁਲਿਸ ਮੁਲਾਜ਼ਮ ਵੱਲੋਂ ਖੁਦਕੁਸ਼ੀ ਕੀਤੇ ਜਾਣ ਦਾ ਇਹ ਦੂਜਾ ਮਾਮਲਾ ਹੈ, ਜਿਸ ਨਾਲ ਪੁਲਿਸ ਮਹਿਕਮੇ ਵਿੱਚ ਚਿੰਤਾ ਦੀ ਲਹਿਰ ਹੈ।

ਤਖ਼ਤ ਸ੍ਰੀ ਹਜ਼ੂਰ ਸਾਹਿਬ ਬੋਰਡ ਦੀ ਖ਼ੁਦਮੁਖਤਿਆਰੀ 'ਤੇ ਸੰਕਟ: ਹਰਸਿਮਰਤ ਕੌਰ ਬਾਦਲ ਵੱਲੋਂ ਦੇਵੇਂਦਰ ਫੜਨਵੀਸ ਨੂੰ ਚਿੱਠੀ
ਦਿੱਲੀ ਤੋਂ ਜੀਂਦ ਵਿਚਕਾਰ ਹਾਈਡ੍ਰੋਜਨ ਰੇਲ ਦਾ ਸਫ਼ਲ ਟਰਾਇਲ; ਐਮਰਜੈਂਸੀ ਬ੍ਰੇਕਿੰਗ ਅਤੇ ਸਥਿਰਤਾ ਦੀ ਹੋਈ ਜਾਂਚ