ਛੁੱਟੀ ’ਤੇ ਆਏ ਫੌਜੀ ਜਵਾਨ ਵੱਲੋਂ ਪਤਨੀ ਦਾ ਕਤਲ

ਹੁਸ਼ਿਆਰਪੁਰ ਦੇ ਹਾਜੀਪੁਰ ਨੇੜੇ ਪਿੰਡ ਸੁਨੇਹਾੜਾ ਵਿੱਚ ਛੁੱਟੀ ’ਤੇ ਆਏ ਇੱਕ ਫੌਜੀ ਜਵਾਨ ਵੱਲੋਂ ਆਪਣੀ ਪਤਨੀ ਦਾ ਕਥਿਤ ਤੌਰ ’ਤੇ ਕੁੱਟ-ਕੁੱਟ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦੋਸ਼ੀ ਨੇ ਪਰਿਵਾਰ ਨੂੰ ਗੁੰਮਰਾਹ ਕਰਨ ਲਈ ਦੱਸਿਆ ਕਿ ਉਸ ਦੀ ਪਤਨੀ ਛੱਤ ਤੋਂ ਡਿੱਗ ਗਈ ਹੈ, ਪਰ ਹਸਪਤਾਲ ਪਹੁੰਚਣ ’ਤੇ ਪਰਿਵਾਰਕ ਮੈਂਬਰਾਂ ਨੇ ਮ੍ਰਿਤਕਾ ਦੇ ਸਰੀਰ ’ਤੇ ਡੂੰਘੀਆਂ ਸੱਟਾਂ ਦੇ ਨਿਸ਼ਾਨ ਦੇਖੇ, ਜਿਸ ਤੋਂ ਬਾਅਦ ਮਾਮਲਾ ਪੁਲਿਸ ਦੇ ਧਿਆਨ ਵਿੱਚ ਲਿਆਂਦਾ ਗਿਆ। ਪੁਲਿਸ ਨੇ ਮ੍ਰਿਤਕਾ ਦੇ ਪਰਿਵਾਰ ਦੇ ਬਿਆਨਾਂ ਦੇ ਆਧਾਰ ’ਤੇ ਦੋਸ਼ੀ ਫੌਜੀ ਜਵਾਨ ਅਮਰਜੀਤ ਸਿੰਘ ਸਮੇਤ ਉਸ ਦੇ ਚਾਚੇ ਕੁਲਦੀਪ ਕੂਕੀ ਅਤੇ ਮਾਸੀ ਸੋਨੀਆ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਅਮਰਜੀਤ ਸਿੰਘ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ, ਜਦਕਿ ਉਸ ਦੇ ਚਾਚੇ ਅਤੇ ਮਾਸੀ ਹਾਲੇ ਪੁਲਿਸ ਦੀ ਹਿਰਾਸਤ ਤੋਂ ਬਾਹਰ ਹਨ। ਪਰਿਵਾਰ ਅਨੁਸਾਰ ਮ੍ਰਿਤਕਾ ਰਾਮਾ ਦਾ ਵਿਆਹ ਪਿੰਡ ਸੁਨੇਹਾੜਾ ਦੇ ਰਹਿਣ ਵਾਲੇ ਅਮਰਜੀਤ ਸਿੰਘ ਨਾਲ ਹੋਇਆ ਸੀ ਅਤੇ ਉਨ੍ਹਾਂ ਦੇ 8 ਸਾਲ ਦਾ ਇੱਕ ਪੁੱਤਰ ਅਤੇ ਇੱਕ ਧੀ ਹੈ। ਪਰਿਵਾਰ ਨੇ ਦੋਸ਼ ਲਗਾਇਆ ਕਿ ਵਿਆਹ ਤੋਂ ਬਾਅਦ ਅਮਰਜੀਤ ਸਿੰਘ ਵੱਲੋਂ ਰਾਮਾ ਨਾਲ ਕਥਿਤ ਤੌਰ ’ਤੇ ਕੁੱਟਮਾਰ ਕੀਤੀ ਜਾਂਦੀ ਰਹੀ। ਪਰਿਵਾਰ ਮੁਤਾਬਕ 13 ਤਰੀਕ ਦੀ ਰਾਤ ਨੂੰ ਅਮਰਜੀਤ ਸਿੰਘ ਨੇ ਰਾਮਾ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ, ਜਿਸ ਕਾਰਨ ਉਸ ਦੀ ਮੌਤ ਹੋ ਗਈ ਅਤੇ ਬਾਅਦ ਵਿੱਚ ਪਰਿਵਾਰ ਨੂੰ ਸਵੇਰੇ ਕਰੀਬ 4 ਵਜੇ ਰਾਮਾ ਦੇ ਛੱਤ ਤੋਂ ਡਿੱਗਣ ਦੀ ਜਾਣਕਾਰੀ ਦਿੱਤੀ ਗਈ। ਰਾਮਾ ਨੂੰ ਹਾਜੀਪੁਰ ਦੇ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਇਸ ਤੋਂ ਬਾਅਦ ਪਰਿਵਾਰ ਨੇ ਪੁਲਿਸ ਨੂੰ ਸੂਚਿਤ ਕੀਤਾ। ਥਾਣਾ ਮੁਖੀ ਹਰਪ੍ਰੇਮ ਨੇ ਦੱਸਿਆ ਕਿ ਪਰਿਵਾਰ ਦੇ ਬਿਆਨਾਂ ਦੇ ਆਧਾਰ ’ਤੇ ਪਤੀ ਸਮੇਤ ਤਿੰਨ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਦੇਰ ਸ਼ਾਮ ਮ੍ਰਿਤਕਾ ਦਾ ਪੋਸਟਮਾਰਟਮ ਕਰਵਾਉਣ ਉਪਰੰਤ ਲਾਸ਼ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਗਈ, ਜਿਸ ਦਾ ਅੰਤਿਮ ਸੰਸਕਾਰ ਉਸ ਦੇ ਜੱਦੀ ਪਿੰਡ ਵਿੱਚ ਕੀਤਾ ਜਾਵੇਗਾ।

ਸ਼੍ਰੋਮਣੀ ਅਕਾਲੀ ਦਲ ਕਾਨਫਰੰਸ: ਸ਼ਹੀਦ ਕਰਨੈਲ ਸਿੰਘ ਈਸੜੂ ਦੀ ਬਰਸੀ ਮੌਕੇ ਹਰਸਿਮਰਤ ਕੌਰ ਬਾਦਲ ਦਾ ਭਾਵੁਕ ਸੰਬੋਧਨ
ਪਟਿਆਲਾ ਦੇ NIS ਵਿਖੇ ਆਜ਼ਾਦੀ ਦਿਵਸ ਸਮਾਰੋਹ ਦੌਰਾਨ ਡਿੱਗੀ ਸੀਲਿੰਗ, ਹਾਦਸੇ ਵਿੱਚ 3 ਵਿਦਿਆਰਥੀ ਜ਼ਖ਼ਮੀ